ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.