ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਹੋ ਗਿਆ ਹੈ। ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ 27 ਅਗਸਤ ਨੂੰ ਪੰਜਾਬ ‘ਚ ‘ਮਹਾ-ਬੰਦ’ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਨੇ ਇਸ ਦਿਨ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ‘ਤੇ ਰਹਿਣ ਦਾ ਐਲਾਨ ਕੀਤਾ ਹੈ।
ਇਸ ਹੜਤਾਲ ਕਾਰਨ ਸਕੱਤਰੇਤ, ਸਿੱਖਿਆ ਅਤੇ ਸਿਹਤ ਵਿਭਾਗ ਸਮੇਤ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਟਰਾਂਸਪੋਰਟ ਅਤੇ ਤਹਿਸੀਲਾਂ ਵਿੱਚ ਵੀ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਜੇਕਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਆਮ ਲੋਕਾਂ ਨਾਲ ਜੁੜੇ ਕਈ ਸਰਕਾਰੀ ਕੰਮ 27 ਅਗਸਤ ਨੂੰ ਰੁਕ ਸਕਦੇ ਹਨ।
ਪਟਵਾਰੀ ਤੇ ਕਲੈਰੀਕਲ ਸਟਾਫ ਵੀ ਹੋ ਸਕਦਾ ਸ਼ਾਮਲਇਸ ਅੰਦੋਲਨ ਵਿੱਚ ਪਟਵਾਰੀ, ਕਲੈਰੀਕਲ ਸਟਾਫ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ। ਇਸ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਦਸਤਾਵੇਜ਼ਾਂ, ਸਰਟੀਫਿਕੇਟਾਂ, ਮਾਲ ਵਿਭਾਗ ਅਤੇ ਹੋਰ ਜਨਤਕ ਸੇਵਾਵਾਂ ਨਾਲ ਸਬੰਧਤ ਕੰਮ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ।
ਮੁਲਾਜ਼ਮ ਜਥੇਬੰਦੀਆਂ ਦੀਆਂ ਮੁੱਖ ਮੰਗਾਂ ਵਿੱਚ 18 ਫ਼ੀਸਦੀ ਲੰਬਿਤ DA, ਤਨਖ਼ਾਹ ਨਾਲ ਸਬੰਧਤ ਮਸਲੇ, ਤਿੰਨ ਸਾਲ ਦੇ ਪ੍ਰੋਬੇਸ਼ਨ ਪੀਰੀਅਡ ਵਿੱਚ ਬਦਲਾਅ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਅਦਾਲਤੀ ਫ਼ੈਸਲਿਆਂ ਨੂੰ ਲਾਗੂ ਕਰਨਾ ਸ਼ਾਮਲ ਹਨ।
7 ਅਗਸਤ ਦੀ ਮਹਾਂ ਰੈਲੀ ਤੋਂ ਬਾਅਦ ਵੱਡਾ ਐਕਸ਼ਨ 7 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਈ ਮਹਾਂ ਰੈਲੀ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਵੱਲੋਂ ਹੁਣ 27 ਅਗਸਤ ਦੇ ਮਹਾ-ਬੰਦ ਦੀ ਤਿਆਰੀ ਕੀਤੀ ਜਾ ਰਹੀ ਹੈ। ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ, ਸਿੱਖਿਆ ਬੋਰਡਾਂ ਅਤੇ ਹੋਰ ਅਦਾਰਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਸਾਂਝਾ ਮੁਲਾਜ਼ਮ ਮੰਚ ਦੇ ਕੋਆਰਡੀਨੇਟਰ ਸੁਖਚੈਨ ਸਿੰਘ ਖਹਿਰਾ ਮੁਤਾਬਕ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਪ੍ਰੋਗਰਾਮ ਵੀ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਇਕਜੁੱਟ ਹੋ ਕੇ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ।ਫਿਲਹਾਲ ਹੜਤਾਲ ਦੌਰਾਨ ਜ਼ਰੂਰੀ ਸੇਵਾਵਾਂ ਨੂੰ ਲੈ ਕੇ ਕੀ ਪ੍ਰਬੰਧ ਰਹੇਗਾ, ਇਸ ਬਾਰੇ ਸਬੰਧਤ ਵਿਭਾਗਾਂ ਵੱਲੋਂ ਸਥਿਤੀ ਸਪੱਸ਼ਟ ਕੀਤੀ ਜਾਣੀ ਬਾਕੀ ਹੈ। 27 ਅਗਸਤ ਨੂੰ ਇਸ ਹੜਤਾਲ ਦਾ ਪੰਜਾਬ ਦੇ ਸਰਕਾਰੀ ਕੰਮਕਾਜ ‘ਤੇ ਵੱਡਾ ਅਸਰ ਪੈਣ ਦੀ ਸੰਭਾਵਨਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.